ਚੰਡੀਗੜ੍ਹ, (ਗੁਰਿੰਦਰਜੀਤ ਸਿੰਘ ਪੀਰਜੈਨ)-ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਇਲੈਕਸ਼ਨਜ਼ ਵਲੋਂ 18 ਸਤੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ ਚੰਡੀਗੜ੍ਹ ਦੇ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਤਾਜੇ ਨਿਰਦੇਸ਼ ਜਾਰੀ ਕਰਕੇ ਵੋਟਾਂ ਤੋਂ ਕੁਝ ਦਿਨ ਪਹਿਲਾਂ ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ’ਤੇ ਪੂਰੀ ਤਰ੍ਹਾਂ ਰੋਕ ਯਕੀਨੀ ਬਣਾਉਣ ਲਈ ਕਿਹਾ ਹੈ ਤਾਂ ਜੋ ਵੋਟਾਂ ਨਿਰਪੱਖ ਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜੀਆਂ ਜਾ ਸਕਣ।
ਅੱਜ ਇੱਥੋਂ ਜਾਰੀ ਇਕ ਬਿਆਨ ’ਚ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਇਲੈਕਸ਼ਨਜ਼ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਪਾਰਟੀਆਂ ਦੇ ਉਮੀਦਵਾਰ ਤੇ ਸਮਰਥਕ ਵੋਟਰਾਂ ਨੂੰ ਪ੍ਰਭਾਵਿਤ ਕਰਨ ਤੇ ਕਿਸੇ ਖਾਸ ਉਮੀਦਵਾਰ ਦੇ ਹੱਕ ’ਚ ਭੁਗਤਾਉਣ ਲਈ ਸ਼ਰਾਬ, ਭੁੱਕੀ,ਅਫੀਮ , ਹੈਰੋਇਨ ਜਾਂ ਹੋਰ ਕਿਸੇ ਵੀ ਪ੍ਰਕਾਰ ਦੇ ਨਸ਼ੇ ਦੀ ਵੰਡ ਨਾ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਸਬੰਧਿਤ ਅਧਿਕਾਰੀ ਇਹ ਵੀ ਨਿਸ਼ਚਿਤ ਕਰਨ ਕਿ ਨੇੜਲੇ ਰਾਜਾਂ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾ ਹੋਵੇ।
ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਇਸ ਮਾਮਲੇ ’ਚ ਸਬੰਧਿਤ ਅਧਿਕਾਰੀ ਹੀ ਪੂਰੀ ਤਰ੍ਹਾਂ ਜਿੰਮੇਵਾਰ ਹੋਣਗੇ ਤੇ ਉਹ ਗੁਰਦੁਆਰਾ ਚੋਣ ਕਮਿਸ਼ਨ ਦੇ ਹੁਕਮ ਇੰਨ-ਬਿੰਨ ਲਾਗੂ ਕਰਨ ਲਈ ਜਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਪਾਏ ਜਾਣ ’ਤੇ ਸਬੰਧਿਤ ਅਧਿਕਾਰੀ ਤੇ ਉਸਦੇ ਹੇਠਲੇ ਅਧਿਕਾਰੀਆਂ ਨੂੰ ਜਿੰਮੇਵਾਰ ਠਹਿਰਾਇਆ ਜਾਵੇਗਾ।