ਨਵੀਂ ਦਿੱਲੀ-ਸ. ਪਰਮਜੀਤ ਸਿੰਘ ਸਰਨਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਹਾਈਕੋਰਟ ਦੇ ਸਾਹਮਣੇ ਹੋਏ ਬੰਬ ਧਮਾਕੇ, ਜਿਸ ਵਿੱਚ ਤਕਰੀਬਨ ਦਸ ਵਿਅਕਤੀ ਮਾਰੇ ਗਏ ਅਤੇ ਕਈ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸਨੂੰ ਕਾਇਰਾਨਾ ਘਟਨਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੇਗੁਨਾਹਵਾਂ ਦੀ ਹਤਿਆ ਮਨੁਖੀ ਕਦਰਾਂ-ਕੀਮਤਾਂ ਦੀ ਘੋਰ ਉਲੰਘਣਾ ਹੈ, ਜਿਸਦੀ ਜਿਤਨੀ ਵੀ ਨਿਖੇਧੀ ਕੀਤੀ ਜਾਏ ਘਟ ਹੈ। ਸ. ਪਰਮਜੀਤ ਸਿੰਘ ਸਰਨਾ ਨੇ ਇਸ ਸਬੰਧ ਵਿੱਚ ਜਾਰੀ ਇੱਕ ਬਿਆਨ ਵਿੱਚ ਬੀਤੇ ਦਸਿਆ ਕਿ ਚਾਰ ਮਹੀਨਿਆਂ ਵਿੱਚ ਹਾਈਕੋਰਟ ਦੇ ਸਾਹਮਣੇ ਵਾਪਰੀ ਬੰਬ ਧਮਾਕੇ ਦੀ ਇਹ ਦੂਸਰੀ ਘਟਨਾ ਹੈ, ਜਿਸ ਵਿੱਚ ਕਾਫੀ ਜਾਨੀ ਨੁਕਸਾਨ ਹੋਇਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜਿਥੇ ਇਸ ਘਟਨਾ ਦੀ ਉੱਚ-ਪਧਰੀ ਜਾਂਚ ਕਰਵਾ, ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਲਵਾਏ, ਉਥੇ ਹੀ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਸੁਰਖਿਆ ਦੇ ਸਖਤ ਪ੍ਰਬੰਧ ਕੀਤੇ ਜਾਣ ਤਾਂ ਜੋ ਮੁੜ ਅਜਿਹੀ ਦੁਖਦਾਈ ਘਟਨਾ ਵਾਪਰਨ ਦੀ ਸੰਭਾਵਨਾ ਨਾ ਹੋ ਸਕੇ। ਸ. ਸਰਨਾ ਨੇ ਇਸ ਘਟਨਾ ਦੇ ਪੀੜਤਾਂ ਪ੍ਰਤੀ ਹਮਦਰਦੀ ਦਾ ਇਜ਼ਹਾਰ ਕਰਦਿਆਂ, ਕਿਹਾ ਕਿ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਲੌੜੀਂਦੀ ਸਹਾਇਤਾ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਦਾ ਤਤਪਰ ਰਹੇਗੀ।